Sunday, October 16, 2011


ਪੱਤਰ ਪ੍ਰੇਰਕ
ਮੁਹਾਲੀ, 15 ਅਕਤੂਬਰ
ਮੁਹਾਲੀ ਦੀ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਭਗੌੜੇ ਨਿੱਜੀ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਅੱਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ ਮੁਕਤ ਕਰਾਰ ਦਿੰਦੇ ਹੋਏ ਬਰੀ ਕਰ ਦਿੱਤਾ ਹੈ। ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸਪਸ਼ਟ ਕੀਤਾ ਕਿ ਮੁਲਜ਼ਮ ਖ਼ਿਲਾਫ਼ ਇਸ ਕੇਸ ਵਿੱਚ ਵਿਜੀਲੈਂਸ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਕੋਈ ਪੁਖਤਾ ਸਬੂਤ ਸਾਹਮਣੇ ਨਹੀਂ ਆਏ ਹਨ ਤੇ ਨਾ ਹੀ ਵਿਜੀਲੈਂਸ ਦੀ ਪੜਤਾਲੀਆ ਟੀਮ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਬਾਰੇ ਕੋਈ ਠੋਸ ਤੇ ਪੁਖਤਾ ਸਬੂਤ ਹਾਲੇ ਤੱਕ ਅਦਾਲਤ ਵਿੱਚ ਪੇਸ਼ ਕਰ ਸਕੀ ਹੈ।
ਅਦਾਲਤ ਤੋਂ ਬਾਹਰ ਆਉਂਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ, ਸੀਨੀਅਰ ਯੂਥ ਆਗੂ ਬੱਬੀ ਖਹਿਰਾ ਨੇ ਕ੍ਰਿਸ਼ਨ ਕੁਮਾਰ ਨੂੰ ਸਿਰੋਪਾ ਭੇਟ ਕਰਕੇ ਬਰੀ ਹੋਣ ਦੀ ਖੁਸ਼ੀ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਬਾਦਲ ਪਰਿਵਾਰ ਸਮੇਤ ਹੋਰਾਂ ਖ਼ਿਲਾਫ਼ ਪਹਿਲਾਂ ਦਰਜ ਭ੍ਰਿਸ਼ਟਾਚਾਰ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਨਾਮਜ਼ਦ ਕ੍ਰਿਸ਼ਨ ਕੁਮਾਰ ਨੇ ਬੀਤੀ 5 ਅਕਤੂਬਰ 2011 ਨੂੰ ਨੌਂ ਸਾਲਾਂ ਬਾਅਦ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ ਅਜਾਇਬ ਸਿੰਘ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ ਪਰ ਬਾਅਦ ਵਿੱਚ ਅਜਾਇਬ ਸਿੰਘ ਦੀ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਇਸ ਕੇਸ ਦੀ ਸੁਣਵਾਈ ਕਰਨ ਦੇ ਅਧਿਕਾਰ ਉਨ੍ਹਾਂ ਕੋਲ ਨਹੀਂ ਹਨ। ਲਿਹਾਜ਼ਾ ਮੁਲਜ਼ਮ ਨੂੰ ਅਗਲੀ ਸੁਣਵਾਈ ਲਈ ਸਬੰਧਤ ਵਧੀਕ ਤੇ   ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਇਸ ਤਰ੍ਹਾਂ ਕ੍ਰਿਸ਼ਨ ਕੁਮਾਰ ਮਾਮਲੇ ਦੀ ਸੁਣਵਾਈ ਨਵੇਂ ਸਿਰਿਓਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ (ਸੀਨੀਅਰ ਡਿਵੀਜ਼ਨ) ਰਜਿੰਦਰ ਅਗਰਵਾਲ ਦੀ ਅਦਾਲਤ ਵਿੱਚ ਤਲਦੀਲ ਹੋ ਗਈ ਸੀ। ਮੁਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਬਾਦਲ ਪਰਿਵਾਰ ਸਮੇਤ ਹੋਰਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਕ੍ਰਿਸ਼ਨ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਅੱਜ ਕ੍ਰਿਸ਼ਨ ਕੁਮਾਰ ਨੂੰ ਪਹਿਲਾਂ ਦਿੱਤਾ ਜੁਡੀਸ਼ਲ ਰਿਮਾਂਡ ਖ਼ਤਮ ਹੋਣ ’ਤੇ ਮੁੜ ਇਥੋਂ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ (ਸੀਨੀਅਰ ਡਿਵੀਜ਼ਨ) ਰਜਿੰਦਰ ਅਗਰਵਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਤੇ ਸੁਣਵਾਈ ਦੌਰਾਨ ਕ੍ਰਿਸ਼ਨ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ। ਅਦਾਲਤ ਨੇ ਬਰੀ ਕੀਤੇ ਮੁਲਜ਼ਮ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਨਿੱਜੀ ਮੁਚੱਲਕਾ ਤੇ ਏਨੀ ਹੀ ਰਾਸ਼ੀ ਦਾ ਜ਼ਮਾਨਤੀ ਬਾਂਡ ਭਰਨ ਦੇ ਵੀ ਹੁਕਮ ਜਾਰੀ ਕੀਤੇ ਤਾਂ ਜੋ ਜੇਕਰ ਕਿਸੇ ਵਿਅਕਤੀ ਵੱਲੋਂ ਇਸ ਕੇਸ ਦੇ ਫੈਸਲੇ ਨੂੰ ਕਿਸੇ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਂਦੀ ਹੈ ਤਾਂ ਬਰੀ ਕੀਤੇ ਮੁਲਜ਼ਮ ਨੂੰ ਉਸ ਅਦਾਲਤ ਵਿੱਚ ਪੇਸ਼ ਹੋਣਾ ਯਕੀਨੀ ਬਣਾਇਆ ਜਾ ਸਕੇ।
ਬਾਦਲਾਂ ਵੱਲੋਂ ਬਾਕੀ ਮੁਲਜ਼ਮਾਂ ਨੂੰ ਵੀ ਪੇਸ਼ ਕਰਨ ਦੀ ਤਿਆਰੀ
ਮੁਹਾਲੀ: ਇਸ ਕੇਸ ਵਿੱਚ ਭਗੌੜੇ ਬਾਦਲ ਦੇ ਓ.ਐਸ.ਡੀ. ਰਹੇ ਹਰਦੀਪ ਸਿੰਘ ਭੰਵਰਾ, ਵਿੰਪੀ ਇੰਟਰਨੈਸ਼ਨਲ ਨਵੀਂ ਦਿੱਲੀ ਦੇ ਮਾਲਕ ਕੰਵਲਜੀਤ ਸਿੰਘ ਸਿੱਧੂ, ਪਿੰਕੀ ਗਰੋਵਰ, ਅਸ਼ਿਸ਼ ਕਪੂਰ ਖ਼ਿਲਾਫ਼ ਹਾਲੇ ਇਹ ਕੇਸ ਚਲਦਾ ਰਹੇਗਾ। ਇਸ ਤਰ੍ਹਾਂ ਜੇ ਉਹ ਖ਼ੁਦ ਅਦਾਲਤ ਵਿੱਚ ਆਤਮ ਸਮਰਪਣ ਕਰਦੇ ਹਨ ਜਾਂ ਵਿਜੀਲੈਂਸ ਵੱਲੋਂ ਕਿਸੇ ਤਰੀਕੇ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਤਾਂ ਇਸ ਕੇਸ ਵਿੱਚ ਉਨ੍ਹਾਂ ’ਤੇ ਕਾਰਵਾਈ ਚੱਲੇਗੀ। ਇਨ੍ਹਾਂ ਸਾਰੇ ਮੁਲਜ਼ਮਾਂ ’ਤੇ ਬਾਦਲ ਪਰਿਵਾਰ ਦੇ ਕਾਲੇ ਧੰਨ ਨੂੰ ਚਿੱਟਾ ਕਰਨ ਵਿੱਚ ਸਹਿਯੋਗ ਦੇਣ ਦਾ ਦੋਸ਼ ਲਾਇਆ ਗਿਆ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਸ ਕੇਸ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ੍ਰੀ ਭੰਵਰਾ ਸਮੇਤ ਹੋਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਵਾਉਣ ਲਈ ਯੋਜਨਾਬੰਦੀ ਤਿਆਰ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ’ਚ ਕਿਸੇ ਵੀ ਵੇਲੇ ਭੰਵਰਾ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਸਕਦਾ ਹੈ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>