Wednesday, December 28, 2011


Sunday, September 18, 2011

      ਤੂੰ ਦਾਤਾ  ਦਾਤਾਰੁ ਤੇਰਾ  ਦਿੱਤਾ  ਖਾਵਣਾ !
                             
ਮਨੁੱਖ ਨੂੰ ਉਹਦੇ ਆਪਣੇ ਹੱਥਾਂ ਨੇ ਸਿਰਜਿਆ ਹੈ। ਕਿਰਤੀ ਮਨੁੱਖ ਆਖਦੇ ਹਨ, ‘ਅਪਨਾ ਹਾਥ ਜਗਨਨਾਥ’, ਭਾਵ ਆਪਣੇ ਹੱਥ ਹੀ ਭਗਵਾਨ ਹਨ ! ਬਹੁਤ ਸਾਰੇ ਲੋਕ ਸਵੇਰ ਵੇਲੇ ਆਪਣੇ ਹੱਥ ਸਾਹਮਣੇ ਕਰ ਕੇ ਅੱਖਾਂ ਖੋਲ•ਦੇ  ਹਨ ਅਤੇ ਸਭ ਤੋਂ ਪਹਿਲਾਂ ਆਪਣੇ ਹੀ ਹੱਥਾਂ ਦੇ ਦਰਸ਼ਨ-ਦੀਦਾਰ ਕਰਦੇ ਹਨ। ਧਾਰਮਿਕ ਲੋਕ ਆਪਣੇ ਹੱਥਾਂ ਦੀ ਸ਼ਕਤੀ ਵਿਚ ਪ੍ਰਮਾਤਮਾ ਨੂੰ ਵੀ ਹਿੱਸੇਦਾਰ ਬਣਾ ਲੈਂਦੇ ਹਨ ਅਤੇ ਧੰਨਵਾਦੀ ਹੋ ਕੇ ਆਖਦੇ ਹਨ, ਤੂ ਦਾਤਾ ਦਾਤਾਰੁ  ਤੇਰਾ ਦਿਤਾ ਖਾਵਣਾ ! ਉਹਨਾਂ ਦਾ ਕਹਿਣਾ ਹੈ ਕਿ ਇਸ ਧਰਤੀ ਉੱਤੇ ਅੰਨ-ਪਾਣੀ, ਫਲ-ਫਲੂਟ, ਜੋ ਕੁਛ ਵੀ ਹੈ,  ਉਸੇ ਦਾ ਹੀ ਉਪਜਾਇਆ ਹੋਇਆ ਹੈ। ਇਸ ਲਈ ਮਨੁੱਖ ਦੇ ਹੱਥਾਂ ਦੀ ਕਰਾਮਾਤ ਦੇ ਬਾਵਜੂਦ ਇਹ ਸਭ ਉਸੇ ਦੀ ਦੇਣ ਤੇ ਕਿਰਪਾ ਹੈ! ਉਹ ਕਿਰਪਾਲੂ ਹੈ, ਉਹਦੀ ਕਿਰਪਾ ਦਾ ਆਨੰਦ ਮਾਨਣ ਵਿਚ ਸੰਗ-ਝਿਜਕ ਕਾਹਦੀ!
      ਪਿਛਲੇ ਦਿਨੀਂ ਬਠਿੰਡੇ ਦੇ ਇਕ ਪੱਤਰਕਾਰ ਚਰਨਜੀਤ ਭੁੱਲਰ ਨੇ ਸੂਚਨਾ-ਅਧਿਕਾਰ ਕਾਨੂੰਨ ਅਧੀਨ ਸ਼੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਜਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਕਾਰ ਦੇ ਤੇਲ ਦੇ ਖਰਚੇ ਦੀ ਜਾਣਕਾਰੀ ਮੰਗੀ। ਕਮੇਟੀ ਦੇ ਪੱਤਰ ' 60115 ਅਨੁਸਾਰ ਮਿਲੀ ਅਧਿਕਾਰਿਤ ਸੂਚਨਾ ਦਸਦੀ ਹੈ ਕਿ 1 ਅਪਰੈਲ 2006 ਤੋਂ 31 ਮਾਰਚ 2011 ਤੱਕ ਦੇ ਪੰਜ ਸਾਲਾਂ ਵਿਚ ਜਥੇਦਾਰ ਜੀ ਦੀ ਕਾਰ ਇਕ ਕਰੋੜ ਚੌਂਹਠ ਲੱਖ ਚੁਰਾਨਵੇਂ ਹਜ਼ਾਰ ਪੰਜ ਸੌ ਦਸ ਰੁਪਏ ਦਾ ਤੇਲ ਪੀ ਗਈ। ਜੇ ਤੇਲ ਦਾ ਇਸ ਸਮੇਂ ਦਾ ਔਸਤ ਭਾਅ 50 ਰੁਪਏ ਪ੍ਰਤੀ ਲਿਟਰ ਲਾਈਏ ਅਤੇ ਕਾਰ ਲਿਟਰ ਵਿਚ ਦਸ ਕਿਲੋਮੀਟਰ ਵੀ ਕਢਦੀ ਮੰਨੀਏ, ਕੁੱਲ ਸਫ਼ਰ 32,98,902 ਕਿਲੋਮੀਟਰ ਹੋ ਜਾਵੇਗਾ। ਧਰਤੀ ਦਾ ਵੱਡੇ ਤੋਂ ਵੱਡਾ ਘੇਰਾ ਭੂਮੱਧਰੇਖਾ ਉੱਤੇ 40,030 ਕਿਲੋਮੀਟਰ ਹੈ। ਜੇ ਜਥੇਦਾਰ ਜੀ ਭੂਮੱਧਰੇਖਾ ਉੱਤੇ ਸਿੱਧੇ ਤੁਰੇ ਜਾਂਦੇ, ਧਰਤੀ ਦੀ ਸਾਢੇ ਬਿਆਸੀ ਵਾਰ ਪਰਕਰਮਾ ਕਰ ਲੈਂਦੇ। ਜੇ ਉਹਨਾਂ ਨੂੰ 3,84,403 ਕਿਲੋਮੀਟਰ ਦੂਰ ਵਸਦੇ ਚੰਦ ਮਾਮਾ ਜੀ ਦਾ ਮੋਹ ਜਾਗਦਾ, ਉਹ ਚਾਰ ਵਾਰ ਆ-ਜਾ ਸਕਦੇ ਸਨ ਅਤੇ ਪੰਜਵੀਂ ਵਾਰ
ਉਥੇ ਜਾ ਕੇ ਟਿਕ ਸਕਦੇ ਸਨ!
      ਚਲੋ, ਪੰਜ ਸਾਲਾਂ ਦਾ ਲੰਮਾ-ਚੌੜਾ ਹਿਸਾਬ-ਕਿਤਾਬ ਛੱਡੀਏ ਅਤੇ 1 ਅਪਰੈਲ 2010 ਤੋਂ 31 ਮਾਰਚ 2011 ਤੱਕ ਦੇ ਸੱਜਰੇ ਇਕ ਸਾਲ ਦੀ ਗੱਲ ਕਰੀਏ। ਇਸ ਇਕ ਸਾਲ ਵਿਚ ਜਥੇਦਾਰ ਮੱਕੜ ਦੀ ਕਾਰ ਦੀ ਟੈਂਕੀ ਵਿਚ ਸੰਤਾਲੀ ਲੱਖ ਚਰਵੰਜਾ ਹਜ਼ਾਰ ਸੱਤ ਸੌ ਛੱਬੀ ਰੁਪਏ ਦਾ ਤੇਲ ਪਿਆ। ਲਗਦਾ ਹੈ, ਜਥੇਦਾਰ ਜੀ ਨੇ ਟੈਂਕੀ ਉਤਰਵਾ ਕੇ ਕਾਰ ਵਿਚ ਟੈਂਕ ਫਿੱਟ ਕਰਵਾ ਲਿਆ ਹੈ! ਖੈਰ, ਜੇ ਇਸ ਸਾਲ ਦਾ ਤੇਲ ਦਾ ਭਾਅ 60 ਰੁਪਏ ਲਿਟਰ ਲਾਈਏ, ਕੁੱਲ ਸਫ਼ਰ 7,92,288 ਕਿਲੋਮੀਟਰ ਬਣ ਜਾਂਦਾ ਹੈ, ਭਾਵ ਇਸ ਇਕ ਸਾਲ ਵਿਚ ਜਥੇਦਾਰ ਜੀ ਧਰਤੀ ਦੀ 20 ਵਾਰ ਪਰਕਰਮਾ ਕਰ ਸਕਦੇ ਸਨ ਅਤੇ ਚੰਦ ਮਾਮਾ ਜੀ ਨੂੰ ਵੀ ਘੱਟੋ-ਘੱਟ ਇਕ ਵਾਰ ਮਿਲ ਕੇ ਆ ਸਕਦੇ ਸਨ! ਇਸ ਸਾਲ ਜਥੇਦਾਰ ਜੀ ਦਾ ਰੋਜ਼ ਦਾ ਸਫ਼ਰ 2,170 ਕਿਲੋਮੀਟਰ ਬਣਦਾ ਹੈ। ਜੇ ਉਹਨਾਂ ਦੀ ਕਾਰ ਉੱਕਾ ਰੁਕੀ ਹੀ ਨਾ ਹੋਵੇ ਤਾਂ ਉਹ ਵਾਹੋਦਾਹ 60 ਕਿਲੋਮੀਟਰ ਪ੍ਰਤੀ ਘੰਟਾ ਦੇ ਹਿਸਾਬ ਹਰ ਰੋਜ਼ 36 ਘੰਟੇ ਚੱਲੀ ਹੋਵੇਗੀ! ਇਥੇ ਆ ਕੇ ਮੇਰੇ ਵਰਗਾ ਅਧਾਰਮਿਕ ਬੰਦਾ ਬੌਂਦਲ ਜਾਂਦਾ ਹੈ ਅਤੇ ਉਹਨੂੰ ਕਈ ਸਵਾਲਾਂ ਦਾ ਕੋਈ ਜਵਾਬ ਨਹੀਂ  ਸੁਝਦਾ।
 ਪਹਿਲਾ ਸਵਾਲ ਤਾਂ ਇਹ ਕਿ ਜ਼ਿਲਾ ਬਠਿੰਡਾ ਵਾਲੇ ਮੇਰੇ ਪਿੰਡ ਪਿੱਥੋ ਅਤੇ ਨਿਵਾਸ ਵਾਲੇ ਮੇਰੇ ਸ਼ਹਿਰ ਦਿੱਲੀ ਵਿਚ ਤਾਂ ਦਿਨ-ਰਾਤ ਘਟਦੇ-ਵਧਦੇ ਰਹਿਣ ਦੇ ਬਾਵਜੂਦ ਸਦਾ ਚੌਵੀ ਘੰਟਿਆਂ ਦੇ ਹੀ ਰਹਿੰਦੇ ਹਨ। ਮੈਂ ਵੱਖ ਵੱਖ ਪਿੰਡਾਂ, ਸ਼ਹਿਰਾਂ, ਸੂਬਿਆਂ ਵਿਚ ਵਸਦੇ ਅਨੇਕ ਦੋਸਤਾਂ-ਮਿੱਤਰਾਂ ਤੋਂ, ਇਥੋਂ ਤੱਕ ਕਿ ਅਮਰੀਕਾ, ਰੂਸ, ਇੰਗਲੈਂਡ, ਵਗੈਰਾ ਤੋਂ ਵੀ ਫੋ ਕਰ ਕੇ ਪਤਾ ਕੀਤਾ ਹੈ, ਦਿਨ-ਰਾਤ ਹਰ ਥਾਂ ਚੌਵੀ ਘੰਟੇ ਦੇ ਹੀ ਰਹਿੰਦੇ ਹਨ। ਮੈਂ ਸਕੂਲ ਤੋਂ ਅੱਗੇ ਕਾਲਜ ਵਿਚ ਵੀ ਗਣਿਤ ਪੜਿ•ਆ ਹੈ ਪਰ ਸਾਡਾ ਹਰ ਅਧਿਆਪਕ ਤੇ ਪਰੋਫੈ ਸਾਨੂੰ 24 ਬਰਾਬਰ ਹੈ 24 ਹੀ ਪੜ•ਾਉਂਦਾ ਰਿਹਾ। ਇਹ 24 ਘੰਟੇ ਦਾ ਦਿਨ-ਰਾਤ ਜਥੇਦਾਰ ਮੱਕੜ ਨੇ ਧਰਮ ਦੀ ਸ਼ਕਤੀ ਨਾਲ ਡੇਢਾ ਵੱਡਾ, ਭਾਵ 36 ਘੰਟੇ ਦਾ ਬਣਾ ਕੇ ਨਵਾਂ ਗਣਿਤ-ਵਿਗਿਆਨ ਸਿਰਜ ਦਿੱਤਾ ਹੈ। ਜੇ ਉਹ ਯਤਨ ਕਰਨ, ਇਸ ਕਾਢ ਸਦਕਾ ਨੋਬਲ ਇਨਾਮ ਜਿੱਤ ਸਕਦੇ ਹਨ ਅਤੇ ਪਹਿਲੇ ਸਿੱਖ ਨੋਬਲ ਇਨਾਮ ਜੇਤੂ ਬਣ ਸਕਦੇ ਹਨ!
      ਦੂਜੀ ਗੱਲ, ਜੇ ਜਥੇਦਾਰ ਜੀ ਪੰਜ ਸਾਲਾਂ ਤੋਂ ਬਿਲਕੁਲ ਹੀ ਰੁਕੇ ਬਿਨਾਂ ਕਾਰ-ਸਵਾਰ ਘੁੰਮਦੇ ਰਹੇ ਹਨ, ਇਹ ਤਾਂ ਮੰਨ ਲੈਂਦੇ ਹਾਂ ਕਿ ਪੰਥ ਦੀ ਸੇਵਾ ਨੂੰ ਸਮਰਪਿਤ ਹੋ ਕੇ ਉਹਨਾਂ ਨੇ ਘਰ-ਪਰਿਵਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਹੋਵੇਗਾ ਪਰ ਇਉਂ ਤਾਂ ਉਹ ਏਨੇਂ ਸਾਲਾਂ ਤੋਂ ਇਕ ਸਕਿੰਟ ਲਈ ਵੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨਹੀਂ ਗਏ ਅਤੇ ਨਾ ਹੀ ਹੋਰ ਕਿਸੇ ਇਕੱਤਰਤਾ, ਬੈਠਕ ਜਾਂ ਕਾਨਫ਼ਰੰਸ ਵਿਚ ਸ਼ਾਮਲ ਹੋਏ ਹਨ। ਫੇਰ ਉਹਨਾਂ ਦੇ ਪ੍ਰਧਾਨ ਵਾਲੇ ਫ਼ਰਜ਼ ਕਿਵੇਂ ਨਿਭਦੇ ਰਹੇ? ਅਖ਼ਬਾਰਾਂ ਵਿਚ ਅਨੇਕ ਥਾਂਵਾਂ ਉੱਤੇ ਉਹਨਾਂ ਦੇ ਵਿਚਰਨ ਤੇ ਠਹਿਰਨ ਦੀਆਂ ਖ਼ਬਰਾਂ ਆਮ ਹੀ ਛਪਦੀਆਂ ਰਹਿੰਦੀਆਂ ਹਨ। ਤਾਂ ਕੀ ਮੱਕੜ ਜੀ ਦੋ ਹਨ? ਕੀ ਉਹ ਆਪ ਤਾਂ ਕਾਰ-ਸਵਾਰ ਰਹਿੰਦੇ ਹਨ ਅਤੇ ਆਪਣੀ ਧਾਰਮਿਕ ਸ਼ਕਤੀ ਨਾਲ ਆਪਣਾ ਇਕ ਹੋਰ ਰੂਪ ਘੜ ਕੇ ਪ੍ਰਧਾਨਗੀ ਦੇ ਕਾਰਜ ਨਿਭਾਉਣ ਲਈ ਛੱਡ ਜਾਂਦੇ ਹਨ?
      ਹੋਰ ਗੱਲਾਂ ਤਾਂ ਛੱਡੋ, ਸੈਟੇਲਾਈਟਾਂ ਵਿਚ ਧਰਤੀ ਦੁਆਲੇ ਘੁੰਮਦੇ ਰਹੇ ਰੂਸੀਆਂ ਤੇ ਅਮਰੀਕੀਆਂ ਵਾਂਗ ਜਥੇਦਾਰ ਜੀ ਏਨੇਂ ਸਾਲਾਂ ਤੋਂ, ਰੁਕੇ ਬਿਨਾਂ, ਕਾਰ ਵਿਚ ਹੀ ਕਿਉਂ ਘੁੰਮ ਰਹੇ ਹਨ? ਆਖ਼ਰ ਕਾਰ-ਯਾਤਰਾ ਨੂੰ ਕਿਤੇ ਤਾਂ ਖ਼ਤਮ ਹੋਣਾ ਚਾਹੀਦਾ ਹੈ? ਉਹ ਕਿਸ ਮੰਤਵ ਲਈ ਕਿਥੇ ਜਾਣ ਵਾਸਤੇ ਪੰਜ ਸਾਲਾਂ ਤੋਂ ਕਾਰ-ਸਵਾਰ ਭੱਜੇ ਫਿਰਦੇ ਹਨ? ਅਜਿਹੇ ਲਗਾਤਾਰ ਸਫ਼ਰ ਵਿਚ ਜਥੇਦਾਰ ਜੀ ਨੂੰ ਬਦਲ ਬਦਲ ਕੇ ਸਟੇਅਰਿੰਗ ਸੰਭਾਲਣ ਵਾਲੇ ਕਿੰਨੇ ਡਰਾਈਵਰ ਨਾਲ ਰੱਖਣ ਦੀ ਲੋੜ ਪੈਂਦੀ ਹੋਵੇਗੀ? ਮੈਂ ਇਕ ਅਕਾਲੀ ਮਿੱਤਰ ਨੂੰ ਪੁੱਛਿਆ ਤਾਂ ਉਹ ਤਿਉੜੀ ਪਾ ਕੇ ਬੋਲਿਆ, ਜ਼ਰੂਰੀ ਹੈ, ਜਥੇਦਾਰ ਜੀ ਆਪ ਹੀ ਹੋਣ, ਉਹਨਾਂ ਦੀ ਕਾਰ ਕੋਈ ਹੋਰ ਵੀ ਤਾਂ ਲਿਜਾ ਸਕਦਾ ਹੈ? ਮੈਂ ਹੱਥ ਬੰਨ• ਕੇ ਬੇਨਤੀ ਕੀਤੀ, ਭਾਈ ਸਾਹਿਬ, ਦਿਨ ਤਾਂ ਫੇਰ ਵੀ ਛੱਤੀ ਘੰਟੇ ਦਾ ਹੀ ਰਿਹਾ? ਉਹ ਕਚੀਚੀ ਵੱਟ ਕੇ ਪਰ•ੇ ਨੂੰ ਤੁਰਦਾ ਬੋਲਿਆ, ਤੁਸੀਂ  ਨਾਸਤਿਕ ਕੌਮਨਿਸਟ ਧਰਮ ਦੀ ਸ਼ਕਤੀ ਨੂੰ ਨਹੀਂ ਸਮਝ ਸਕਦੇ! ਮੱਕੜ ਜੀ ਨੇ ਆਪ ਵੀ ਇਸ ਸੰਬੰਧ ਵਿਚ ਕਾਂਗਰਸੀਆਂ ਨੂੰ ਗਾਲ਼ਾਂ ਦੇ ਕੇ ਕਿਹਾ ਹੈ ਕਿ ਇਕ ਨਹੀਂ, ਉਹਨਾਂ ਦੀਆਂ ਤਿੰਨ ਕਾਰਾਂ ਚਲਦੀਆ ਰਹੀਆਂ ਹਨ। ਇਸ ਹਿਸਾਬ ਇਕ ਕਾਰ ਛੱਤੀ ਘੰਟੇ ਰੋਜ਼ ਚੱਲਣ ਦੀ ਥਾਂ ਤਿੰਨ ਕਾਰਾਂ ਬਾਰਾਂ-ਬਾਰਾਂ ਘੰਟੇ ਰੋਜ਼ ਚਲਦੀਆਂ ਰਹੀਆਂ। ਮਤਲਬ ਇਹ ਕਿ ਜਥੇਦਾਰ ਜੀ ਦੀਆਂ ਤਿੰਨ ਕਾਰਾਂ ਏਨੇਂ ਚਿਰ ਤੋਂ ਰਾਤ ਨੂੰ ਸੌਣ ਦਾ ਸਮਾਂ ਛੱਡ ਕੇ ਬਾਰਾਂ ਘੰਟੇ ਰੋਜ਼ ਹਫ਼ਦੀਆਂ-ਹੌਂਕਦੀਆਂ ਤਾਬੜਤੋੜ ਭੱਜੀਆਂ ਫਿਰ ਰਹੀਆਂ ਹਨ! ਜੇ ਇਹਨਾਂ ਕਾਰਾਂ ਵਿਚ ਪਟਰੌਲ ਦੀ ਥਾਂ ਡੀਜ਼ਲ ਪੈਂਦਾ ਹੋਇਆ,ਘੰਟੇ ਹੋਰ ਵੀ ਵਧ ਜਾਣਗੇ ਤੇ ਹਿਸਾਬ ਹੋਰ ਵੀ ਵਿਗੜ ਜਾਵੇਗਾ! ਹਾਂ, ਜਥੇਦਾਰ ਜੀ ਦੀ ਇਕ ਗੱਲੋਂ ਜ਼ਰੂਰ ਪ੍ਰਸੰਸਾ ਕਰਨੀ ਪਵੇਗੀ ਤੇ ਉਹਨਾਂ ਨੂੰ ਧੰਨਵਾਦ ਵੀ ਦੇਣਾ ਪਵੇਗਾ ਕਿ ਏਨੇਂ ਸਾਲਾਂ ਤੋਂ ਸਾਹੋਸਾਹ ਭੱਜੀਆਂ ਫਿਰਦੀਆਂ ਉਹਨਾਂ ਦੀਆਂ ਕਾਰਾਂ ਨੇ ਇਕ ਵੀ ਐਕਸੀਡੈਂਟ ਨਹੀਂ ਕੀਤਾ। ਧਰਮ ਵਿਚ ਠੀਕ ਹੀ ਬੜੀ ਸ਼ਕਤੀ ਹੈ!
      ਪੰਜਾਬ ਵਿਚ ਜਿਵੇਂ ਮਹਾਰਾਜਾ ਰਣਜੀਤ ਸਿੰਘ ਦਾ ਨਾਂ ਸੀ, ਸਾਡੀ ਨਾਭਾ ਰਿਆਸਤ ਵਿਚ ਰਾਜਾ ਹੀਰਾ ਸਿੰਘ ਦਾ ਜਸ ਸੀ। ਨਾਭਾ ਰਿਆਸਤ ਦੇ ਕਿਸੇ ਬਜ਼ੁਰਗ ਤੋਂ ਪੁੱਛ ਲਵੋ, ਉਹ ਹੀਰਾ ਸਿੰਘ ਦਾ ਗੁਣਗਾਣ ਸ਼ੁਰੂ ਕਰ ਦੇਵੇਗਾ। ਰਾਜਾ  ਹਰ ਰੋਜ਼  ‘ਸੰਗਤ ਦਰਸ਼ਨ’ ਵੀ ਦਿੰਦਾ ਸੀ। ਲੋਕ ਫ਼ਰਿਆਦਾਂ ਤਾਂ ਕਰਦੇ ਹੀ, ਇਨਾਮ ਦੀ ਝਾਕ ਵਿਚ ਆਪਣੇ ਆਪਣੇ ਗੁਣ ਜਾਂ ਹੁਨਰ ਦਾ ਵਿਖਾਲਾ ਵੀ ਪਾਉਂਦੇ। ‘ਮਹਾਨ ਕੋਸ਼’ ਦੇ ਰਚੈਤਾ ਭਾਈ ਕਾਨ• ਸਿੰਘ ਦੇ ਪਿਤਾ, ਮੇਰੇ ਪਿੰਡ ਪਿੱਥੋ ਦੇ ਵਸਨੀਕ ਭਾਈ ਨਰਾਇਣ ਸਿੰਘ ਨੇ ਇਕ ਅਜਿਹੇ ਸੰਗਤ ਦਰਸ਼ਨ ਵਿਚ ਹੀ ਹੀਰਾ ਸਿੰਘ ਨੂੰ ਕਿਹਾ ਸੀ ਕਿ ਉਹ ਚੌਂਕੜਾ ਮਾਰ ਕੇ ਬੈਠਦਿਆਂ ਇਕੱਲਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਕਰੇਗਾ। ਮਗਰੋਂ ਜਦੋਂ ਉਹਨੇ ਆਪਣਾ ਦਾਅਵਾ ਹੈਰਾਨ ਹੋਏ ਰਾਜੇ ਅੱਗੇ ਪੂਰਾ ਕਰ ਕੇ ਦਿਖਾਇਆ ਤਾਂ ਹੀਰਾ ਸਿੰਘ ਨੇ ਉਹਨੂੰ ਮਹਿਲ ਵਿਚਲੇ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਥਾਪ ਦਿੱਤਾ। ਇਕ ਵਿਦਵਾਨ ਵਜੋਂ ਭਾਈ ਕਾਨ• ਸਿੰਘ ਦਾ ਵਿਕਾਸ ਇਸੇ ਮਾਹੌਲ ਦੀ ਦੇਣ ਸੀ। ਖ਼ੈਰ, ਜਿਹੜੀ ਗੱਲ ਮੈਂ ਕਰਨ ਲੱਗਿਆ ਸੀ, ਉਹ ਇਹ ਕਿ ਚੋਟੀਆਂ ਪਿੰਡ ਦਾ ਕੋਈ ਬੰਦਾ ਕਿਸੇ ਕੰਮ ਲਈ ਸੰਗਤ ਦਰਸ਼ਨ ਵਿਚ ਹਾਜ਼ਰ ਹੋਇਆ ਤਾਂ ਹੀਰਾ ਸਿੰਘ ਬੋਲਿਆ, ਬਈ ਤੇਰੀ ਗੱਲ ਤਾਂ ਫੇਰ ਸੁਣਾਂਗੇ, ਤੂੰ ਗੁਰਮੁਖਾਂ ਵਾਲੀ ਦਸਤਾਰ ਕਮਾਲ ਦੀ ਸਜਾਈ ਹੋਈ ਹੈ! ਤੇ ਉਹਨੇ ਵਜ਼ੀਰ ਨੂੰ ਹੁਕਮ ਦਿੱਤਾ, ਇਹਨੂੰ ਪੱਚੀ ਰੁਪਏ ਇਨਾਮ ਦੇ ਦਿਉ। ਉਹ ਆਦਮੀ ਹੱਥ ਬੰਨ• ਕੇ ਬੋਲਿਆ, ਮਹਾਰਾਜ, ਅਜੇ ਤਾਂ ਇਹ ਸਫ਼ਰ ਕਰਕੇ ਕੱਲ• ਦੀ ਬੰਨ•ੀ ਹੋਈ ਹੈ, ਜੇ ਅੱਜ ਬੰਨ•ਦਾ, ਹੋਰ ਵੀ ਸੋਹਣੀ ਹੁੰਦੀ। ਹੀਰਾ ਸਿੰਘ ਦੇ ਤੌਰ ਇਕਦਮ ਬਦਲ ਗਏ, ''ਗੁਰੂ ਦੇ ਸਿੱਖ ਲਈ ਤਾਂ ਰੋਜ਼ ਦਸਤਾਰ ਨੂੰ ਟੋਪੀ ਵਾਂਗ ਨਹੀਂ, ਇਕ ਇਕ ਪੇਚ ਕਰ ਕੇ ਉਤਾਰਨਾ, ਇਸ਼ਨਾਨ ਕਰਨਾ ਤੇ ਫੇਰ ਦਸਤਾਰ ਸਜਾਉਣਾ ਜ਼ਰੂਰੀ ਹੈ। ਇਹਦਾ ਮਤਲਬ, ਤੂੰ ਅੱਜ ਅਜਿਹਾ ਕੁਛ ਵੀ ਨਹੀਂ ਕੀਤਾ?.....ਵਜ਼ੀਰ ਸਾਹਿਬ, ਇਹਤੋਂ ਪੰਜਾਹ ਰੁਪਏ ਜੁਰਮਾਨਾ ਵਸੂਲ ਕਰ ਕੇ ਖ਼ਜ਼ਾਨੇ ਵਿਚ ਜਮਾਂ• ਕਰਵਾ ਦਿਉ! ਜੇ ਜਥੇਦਾਰ ਮੱਕੜ ਏਨੇਂ ਸਾਲਾਂ ਤੋਂ ਉੱਕਾ ਹੀ ਰੁਕੇ ਬਿਨਾਂ ਬੱਸ ਘੁੰਮਦੇ ਹੀ ਘੁੰਮਦੇ ਰਹਿੰਦੇ ਹਨ, ਉਹ ਨ•ਾਉਣ-ਧੋਣ ਦੀ ਸਿੱਖੀ ਮਰਯਾਦਾ ਕਦੋਂ ਤੇ ਕਿਵੇਂ ਪੂਰੀ ਕਰਦੇ ਹੋਣਗੇ?
      ਦੋਸਤਾਂ ਵਿਚ ਬੈਠਿਆਂ ਮੱਕੜ ਜੀ ਦਾ ਹਿਸਾਬ-ਕਿਤਾਬ ਮੇਲਣ ਦੇ ਯਤਨ ਹੋ ਰਹੇ ਸਨ ਤਾਂ ਇਕ ਘੋਰ ਨਾਸਤਿਕ ਸੱਜਨ ਬੋਲਿਆ, ਇਕ ਕਥਾ ਸੁਣੋ। ਸਾਡੇ ਪਿੰਡ ਦੂਰੋਂ-ਨੇੜਿਉਂ ਮੇਰਾ ਇਕ ਤਾਇਆ ਹੁੰਦਾ ਸੀ। ਚੌਵੀ ਘੰਟੇ ਬੰਦਗੀ ਵੱਲ ਧਿਆਨ। ਨਾ ਕਾਹੂੰ ਨਾਲ ਦੋਸਤੀ, ਨਾ ਕਾਹੂੰ ਨਾਲ ਵੈਰ। ਚਾਹ-ਪਾਣੀ ਲਈ ਉਹਨੇ ਬੱਕਰੀ ਰੱਖੀ ਹੋਈ ਸੀ। ਦੋ ਵੇਲੇ ਉਹ ਵੱਟਾਂ-ਡੌਲਾਂ ਉੱਤੇ ਘੁਮਾ ਕੇ ਬੱਕਰੀ ਨੂੰ ਘਾਹ ਚਾਰਦਾ। ਬੱਕਰੀ ਦਾ ਪੇਟ ਕਿੰਨਾ ਹੀ ਚਿਰ ਲਾ ਕੇ ਭਰਦਾ। ਇਕ ਦਿਨ ਤਾਏ ਦੀ ਲਿਵ ਰੱਬ ਨਾਲ ਲੱਗ ਗਈ ਤੇ ਬੱਕਰੀ ਤਾਏ ਨੂੰ ਬੇਧਿਆਨਾ ਦੇਖ ਕੇ ਕਿਸੇ ਦੀ ਹਰੀ-ਕਚੂਰ ਕਣਕ ਵਿਚ ਵੜ ਗਈ। ਪੰਜ-ਸੱਤ ਮਿੰਟਾਂ ਵਿਚ ਰੱਜ ਕੇ ਉਹਨੇ ਮਿਆਂ ਬੋਲਦਿਆਂ ਤਾਏ ਨੂੰ ਕਿਹਾ, ਮੈਂ ਤਾਂ ਰੱਜ ਗਈ, ਚਲੋ ਘਰ ਚੱਲੀਏ! ਤਾਏ ਨੂੰ ਵੀ ਚਾਨਣ ਹੋ ਗਿਆ ਕਿ ਵੱਟਾਂ-ਡੌਲਾਂ ਉੱਤੇ ਗੇੜੇ ਕੱਢਣ ਦਾ ਕੀ ਫ਼ਾਇਦਾ? ਅਗਲੇ ਦਿਨ ਉਹਨੇ ਬੱਕਰੀ ਸਿੱਧੀ ਕਣਕ ਵਿਚ ਜਾ ਛੱਡੀ ਤੇ ਪੰਜ-ਦਸ ਮਿੰਟਾਂ ਵਿਚ ਕੰਮ ਮੁਕਾ ਕੇ ਘਰ ਆ ਗਿਆ। ਰੋਜ਼ ਮੁੱਛੀ ਜਾਂਦੀ ਕਣਕ ਦਾ ਭੇਤ ਜਾਨਣ ਲਈ ਖੇਤ ਵਾਲਾ ਕਿਸਾਨ ਕਣਕ ਵਿਚ ਲੁਕ ਕੇ ਬੈਠ ਗਿਆ। ਜਿਉਂ ਹੀ ਤਾਏ ਨੇ ਬੱਕਰੀ ਕਣਕ ਵਿਚ ਵਾੜੀ, ਉਹ ਖੜ•ਾ ਹੋ ਕੇ ਬੋਲਿਆ, ਵਾਹ ਬਈ ਵਾਹ, ਬਿਗਾਨੀਆਂ ਫਸਲਾਂ ਵਿਚ ਬੱਕਰੀ ਚਾਰਦਾ ਐਂ, ਅਸ਼ਕੇ ਤੇਰੀ ਬੰਦਗੀ ਦੇ! ਤਾਇਆ ਇਕ ਮਿੰਟ ਤਾਂ ਘਬਰਾਇਆ ਪਰ ਸੰਭਲ ਕੇ ਬੋਲਿਆ, ਉਇ ਭਾਈ, ਬੱਕਰੀ ਨੇ ਤਾਂ ਹਰਾ ਹੀ ਚਰਨਾ ਹੋਇਆ, ਇਹ ਬੰਦਗੀ ਤਾਂ ਚਰਨੋਂ ਰਹੀ!
      ਕਥਾ ਸੁਣਾ ਕੇ ਉਹ ਭੇਤਭਰੀਆਂ ਨਜ਼ਰਾਂ ਨਾਲ ਝਾਕਣ ਲੱਗਿਆ। ਮੈਂ ਹੈਰਾਨ ਕਿ ਕਿਥੇ ਮੱਕੜ ਜੀ ਦੀ ਕਾਰ ਤੇ ਕਿਥੇ ਤਾਏ ਦੀ ਬੱਕਰੀ! ਆਖ਼ਰ ਮੈਂ ਪੁੱਛ ਹੀ ਲਿਆ, ਇਹ ਜਥੇਦਾਰ ਜੀ ਦੀ ਕਾਰ ਵਿਚ ਬੱਕਰੀ ਕਿਥੋਂ ਆ ਵੜੀ? ਉਹ ਸੱਜਨ ਮਹਿਫ਼ਲ ਵਿਚੋਂ ਉਠਦਿਆਂ ਤਿਉੜੀ ਪਾ ਕੇ ਬੋਲਿਆ, ਵੱਡਾ ਲੇਖਕ ਬਣਿਆ ਫਿਰਦਾ ਐਂ, ਸਿੱਧੀ-ਸਾਦੀ ਪੰਜਾਬੀ ਵਿਚ ਸੁਣਾਈ ਗੱਲ ਸਮਝ ਨਹੀਂ ਆਈ? ਉਹਦੇ ਮਿਹਣੇ ਦੇ ਬਾਵਜੂਦ ਜਥੇਦਾਰ ਦੀ ਕਾਰ ਨਾਲ ਤਾਏ ਦੀ ਬੱਕਰੀ ਦੀ ਸਾਕ-ਸਕੀਰੀ ਤਾਂ ਮੇਰੀ ਸਮਝ ਵਿਚ ਨਾ ਆਈ ਪਰ ਅੱਧੀ ਸਦੀ ਪਹਿਲਾਂ ਦੇ ਆਪਣੇ ਪਿੰਡ ਦੇ ਲੋਕ ਜ਼ਰੂਰ ਚੇਤੇ ਆ ਗਏ!
      ਬਿਜਲੀ ਅਜੇ ਆਈ ਨਹੀਂ ਸੀ। ਕੱਚੇ ਘਰ ਉਦੋਂ ਅਜੇ ਖਿੜਕੀਆਂ, ਰੌਸ਼ਨਦਾਨਾਂ ਤੋਂ ਵਿਰਵੇ, ਬੰਦ ਜਿਹੇ ਹੁੰਦੇ ਸਨ। ਗਰਮੀਆਂ ਦੀਆਂ ਦੁਪਹਿਰਾਂ ਨੂੰ ਵਿਹਲੇ ਲੋਕ ਪਿੱਪਲਾਂ-ਬੋਹੜਾਂ ਦੀ ਛਾਂਵੇਂ ਜਾ ਬੈਠਦੇ। ਕਈ ਲੋਕ ਗੁਰਦੁਆਰਾ ਸਾਹਿਬ ਦੀ ਖੂਹੀ ਕੋਲ ਪਿੱਪਲ ਦੀ ਛਾਂਵੇਂ ਡੇਰਾ ਲਾ ਲੈਂਦੇ ਅਤੇ ਪੁਰਾਣੇ ਸਤਿਜੁਗੀ ਭਲੇ ਵੇਲਿਆਂ ਦੀਆਂ, ਹੁਣ ਆ ਗਏ ਕਲਜੁਗੀ ਮਾੜੇ ਸਮੇਂ ਦੀਆਂ, ਬੰਦੇ ਦੇ ਆਦਿ-ਅੰਤ ਦੀਆਂ, ਸੱਚੀ ਦਰਗਾਹ ਵਿਚ ਦੇਣੇ ਪੈਣੇ ਲੇਖੇ ਦੀਆਂ, ਸੱਚਿਆਂ ਨੂੰ ਚਰਨਾਂ ਵਿਚ ਨਿਵਾਸ ਮਿਲਣ ਦੀਆਂ ਤੇ ਝੁਠਿਆਂ ਨੂੰ ਅੱਗ ਵਿਚ ਭੁੰਨੇ ਜਾਣ ਤੇ ਤੇਲ ਵਿਚ ਤਲੇ ਜਾਣ ਦੀਆਂ ਦਾਰਸ਼ਨਿਕ ਗੱਲਾਂ ਕਰਦੇ। ਜਦੋਂ ਸੂਰਜ ਸਿਖਰ ਤੋਂ ਪੱਛਮ ਵੱਲ ਤਿਲ•ਕਦਾ, ਭਾਈ ਜੀ ਗੁਰਦੇਵ ਸਿੰਘ ਆਖਦਾ, ਭਾਈ ਸਿੰਘੋ, ਚਾਹਟਾ ਤਿਆਰ ਕਰਨ ਲੱਗੇ ਆਂ, ਜਿਹੜੇ ਜਿਹੜੇ ਸਿੰਘ ਨੇ ਛਕਣਾ ਹੋਵੇ.....
      ਮੇਰੇ ਪਿੰਡ ਦੇ ਸਿੱਧੇ-ਸਾਦੇ, ਅਣਪੜ•, ਗੰਵਾਰ, ਬਾਣੀ ਪੜ•ਨ-ਸਮਝਣ ਤੋਂ ਅਸਮਰੱਥ ਪਰ ਸੱਚੇ-ਸੁੱਚੇ, ਕੱਚੇ ਦੁੱਧ ਵਰਗੇ ਪਵਿੱਤਰ ਲੋਕ ਆਪਣੇ ਆਪਣੇ ਹੇਠਾਂ ਵਿਛਾਏ ਹੋਏ ਪਰਨੇ ਝਾੜ ਕੇ ਮੋਢਿਆਂ ਉੱਤੇ ਰਖਦੇ ਅਤੇ ਤੁਰਨ ਲੱਗੇ ਆਖਦੇ, ''ਭਾਈ ਜੀ, ਤੁਸੀਂ ਛਕੋ ਆਨੰਦ ਨਾਲ, ਅਸੀਂ ਤਾਂ ਘਰ ਜਾ ਕੇ ਪੀਵਾਂਗੇ। ਗੁਰਦੁਆਰੇ ਦਾ ਖਾ-ਪੀ ਕੇ ਅਗਲੀ ਦਰਗਾਹ ਅੱਗ ਵਿਚ ਕਿਉਂ ਭੁੱਜੀਏ ਤੇ ਉਬਲਦੇ ਤੇਲ ਵਿਚ ਕਿਉਂ ਸੜੀਏ?”  ਅੱਜ ਮੈਂ ਸੋਚਦਾ ਹਾਂ, ਉਹ ਭੋਲੇ-ਭਾਲੇ ਲੋਕ ਆਪਣੇ ਸਮੇਂ ਨੂੰ ‘ਕਲਜੁਗੀ ਮਾੜਾ ਸਮਾਂ’ ਕਿਉਂ ਆਖਦੇ ਸਨ? ਉਹ  ਤਾਂ ਸਤਿਜੁਗੀ ਸਮਾਂ ਸੀ ਜਿਸ ਵਿਚ ਲੋਕ ਗੁਰਦੁਆਰੇ ਵਰਗੀਆਂ ਸਾਂਝੀਆਂ ਥਾਂਵਾਂ ਨੂੰ ਦਿੰਦੇ ਹੀ ਦਿੰਦੇ ਸਨ ਤੇ ਉਥੋਂ ਚਾਹ-ਪਾਣੀ ਵੀ ਨਹੀਂ ਸਨ ਛਕਦੇ। ਕਲਜੁਗੀ ਮਾੜਾ ਸਮਾਂ ਤਾਂ ਹੁਣ ਹੈ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਕਾਰ ਗੁਰਦੁਆਰਿਆਂ ਦੀ ਮਾਇਆ ਨਾਲ ਕਿੰਨੇ ਸਾਲਾਂ ਤੋਂ ਲਗਾਤਾਰ ਦਿਨ-ਰਾਤ ਦੇ ਚੌਵੀ ਘੰਟਿਆਂ ਵਿਚੋਂ ਛੱਤੀ ਘੰਟੇ ਬਿਨਾਂ-ਰੁਕਿਆਂ ਘੁੰਮ ਰਹੀ ਹੈ!   

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>