ਚੰਡੀਗੜ੍ਹ, 17 ਅਪ੍ਰੈਲ ( pp)-ਸ: ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਮੁੜ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਸ: ਖਹਿਰਾ, ਜੋ 2009 ਦੀਆਂ ਪਾਰਲੀਮਾਨੀ ਚੋਣਾਂ ਮੌਕੇ ਵੀ ਪਾਰਟੀ ਦੇ ਬੁਲਾਰੇ ਵਜੋਂ ਕੰਮ ਕਰਦੇ ਰਹੇ, ਭੁਲੱਥ ਹਲਕੇ ਤੋਂ ਵਿਧਾਨਕਾਰ ਰਹਿਣ ਤੋਂ ਇਲਾਵਾ 2005 ਤੋਂ 2010 ਤੱਕ ਕਪੂਰਥਲਾ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਵੀ ਰਹਿ ਚੁੱਕੇ ਹਨ | ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ | ਵਰਨਣਯੋਗ ਹੈ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਬਾਅਦ ਸ: ਖਹਿਰਾ ਤੇ ਫਤਿਹਜੰਗ ਸਿੰਘ ਬਾਜਵਾ ਸਮੇਤ ਕੁਝ ਇਕ ਨਿਯੁਕਤੀਆਂ ਕਰਨ ਦਾ ਫ਼ੈਸਲਾ ਕੀਤਾ ਸੀ, ਜਿਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਦਖਲ ਦਿੰਦਿਆਂ ਰੱਦ ਕਰ ਦਿੱਤਾ ਗਿਆ ਸੀ ਤੇ ਸ: ਬਾਜਵਾ ਨੂੰ ਆਦੇਸ਼ ਦਿੱਤਾ ਗਿਆ ਸੀ ਕਿ ਕੋਈ ਵੀ ਨਿਯੁਕਤੀ ਪਾਰਟੀ ਹਾਈ ਕਮਾਂਡ ਦੀ ਪ੍ਰਵਾਨਗੀ ਤੋਂ ਬਿਨਾਂ ਨਾ ਕੀਤੀ ਜਾਵੇ | ਸ: ਬਾਜਵਾ ਵੱਲੋਂ ਕੁਝ ਦਿਨ ਪਹਿਲਾਂ ਸ: ਖਹਿਰਾ ਦੇ ਨਾਂਅ ਦੀ ਸਿਫ਼ਾਰਿਸ਼ ਪਾਰਟੀ ਹਾਈ ਕਮਾਂਡ ਨੂੰ ਇਹ ਕਹਿ ਕੇ ਭੇਜੀ ਸੀ ਕਿ ਪਾਰਟੀ ਦਾ ਕੰਮਕਾਜ ਚਲਾਉਣ ਲਈ ਪਾਰਟੀ ਦੇ ਬੁਲਾਰੇ ਵਜੋਂ ਉਨ੍ਹਾਂ ਦੀ ਨਿਯੁਕਤੀ ਜ਼ਰੂਰੀ ਹੈ ਅਤੇ ਬਾਕੀ ਨਿਯੁਕਤੀਆਂ ਦੇ ਫ਼ੈਸਲੇ ਤੱਕ ਸ: ਖਹਿਰਾ ਦੀ ਨਿਯੁਕਤੀ ਲਈ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ |